ਬਟਾਲਾ -(ਮਨਦੀਪ ਕੌਰ )- ਬਟਾਲਾ ਦੇ ਘਣੀਏ ਦੇ ਬਾਗਣ ਪਿੰਡ ਦੇ ਵਿੱਚ ਇੱਕ 27 ਸਾਲਾ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ ਇਹ ਕਤਲ ਉਸ ਦੇ ਪਰਿਵਾਰ ਦੀਆਂ ਅੱਖਾਂ ਦੇ ਸਾਹਮਣੇ ਕੀਤਾ ਗਿਆ ।
ਮ੍ਰਿਤਕ ਦੀ ਪਹਿਚਾਣ ਬਲਵਿੰਦਰ ਸਿੰਘ ਵਜੋਂ ਹੋਈ ਹੈ, ਜੋ ਕਿ ਉਸੇ ਪਿੰਡ ਦਾ ਰਹਿਣ ਵਾਲਾ ਸੀ। ਦੱਸਿਆ ਜਾ ਰਿਹਾ ਹੈ ਕਿ ਉਸ ‘ਤੇ ਕਿਸੇ ਮਾਮੂਲੀ ਝਗੜੇ ਤੋਂ ਬਾਅਦ ਹਮਲਾ ਕੀਤਾ ਗਿਆ ਸੀ। ਪੇਟ ਵਿੱਚ ਗੰਭੀਰ ਸੱਟਾਂ ਲੱਗਣ ਕਾਰਨ ਉਸਨੂੰ ਬਟਾਲਾ ਹਸਪਤਾਲ ਲਿਜਾਇਆ ਜਾ ਰਿਹਾ ਸੀ, ਪਰ ਰਸਤੇ ਵਿੱਚ ਹੀ ਉਸ ਦੀ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਪੂਰੇ ਪਿੰਡ ਦੇ ਵਿੱਚ ਸੋਗ ਦੀ ਲਹਿਰ ਹੈ।
ਮ੍ਰਿਤਕ ਬਲਵਿੰਦਰ ਸਿੰਘ ਦੀ ਪਤਨੀ ਅਤੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦਾ ਉਸੇ ਪਿੰਡ ਦੇ ਇੱਕ ਪਰਿਵਾਰ ਨਾਲ ਪੁਰਾਣਾ ਜ਼ਮੀਨੀ ਝਗੜਾ ਸੀ। ਸੋਮਵਾਰ ਨੂੰ ਬਲਵਿੰਦਰ ਸਿੰਘ ਆਪਣੀ ਪਤਨੀ ਅਤੇ ਬਜ਼ੁਰਗ ਮਾਂ ਨਾਲ ਪਿੰਡ ਵਾਪਸ ਆ ਰਿਹਾ ਸੀ। ਰਸਤੇ ਵਿੱਚ ਅਚਾਨਕ ਵਿਰੋਧੀ ਪਰਿਵਾਰ ਦੇ ਕਈ ਲੋਕਾਂ ਨੇ ਉਨ੍ਹਾਂ ਨੂੰ ਘੇਰ ਲਿਆ ਅਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਨਾ ਸ਼ੁਰੂ ਕਰ ਦਿੱਤਾ। ਹਮਲੇ ਦੌਰਾਨ ਬਲਵਿੰਦਰ ਦੇ ਪੇਟ ਵਿੱਚ ਗੰਭੀਰ ਸੱਟਾਂ ਲੱਗੀਆਂ। ਪਰਿਵਾਰ ਉਸਨੂੰ ਤੁਰੰਤ ਬਟਾਲਾ ਹਸਪਤਾਲ ਲੈ ਗਿਆ, ਪਰ ਰਸਤੇ ਵਿੱਚ ਹੀ ਉਸਦੀ ਮੌਤ ਹੋ ਗਈ।
ਮ੍ਰਿਤਕ ਬਲਵਿੰਦਰ ਸਿੰਘ ਦੀ ਪਤਨੀ ਅਤੇ ਪਰਿਵਾਰ ਦਾ ਕਹਿਣਾ ਹੈ ਕਿ ਜਦੋਂ ਤੱਕ ਪੁਲਿਸ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਨਹੀਂ ਕਰਦੀ, ਉਹ ਪੋਸਟਮਾਰਟਮ ਅਤੇ ਅੰਤਿਮ ਸੰਸਕਾਰ ਨਹੀਂ ਕਰਨਗੇ। ਪਰਿਵਾਰ ਦਾ ਰੋ-ਰੋ ਕੇ ਬੂਰਾ ਹਾਲ ਹੋਇਆ ਪਿਆ ਹੈ ਅਤੇ ਪਿੰਡ ਵਿੱਚ ਵੀ ਸੋਗ ਦਾ ਮਾਹੌਲ ਹੈ। ਸਿਵਲ ਹਸਪਤਾਲ ਬਟਾਲਾ ਦੇ ਡਿਊਟੀ ਮੈਡੀਕਲ ਅਫ਼ਸਰ ਡਾ. ਸ਼ਮਸ਼ੇਰ ਸਿੰਘ ਨੇ ਕਿਹਾ ਕਿ ਜਦੋਂ ਤੱਕ ਬਲਵਿੰਦਰ ਸਿੰਘ ਨੂੰ ਹਸਪਤਾਲ ਲਿਆਂਦਾ ਗਿਆ, ਉਦੋਂ ਤੱਕ ਉਸ ਦੀ ਮੌਤ ਹੋ ਚੁੱਕੀ ਸੀ।
ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਦੇ ਮੁਰਦਾਘਰ ਵਿੱਚ ਰੱਖਿਆ ਗਿਆ ਹੈ ਅਤੇ ਪੁਲਿਸ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ। ਸਥਾਨਕ ਪੁਲਿਸ ਪਿੰਡ ਪਹੁੰਚ ਗਈ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਸਬੂਤਾਂ ਦੇ ਅਧਾਰ ‘ਤੇ ਦੋਸ਼ੀਆਂ ਦੀ ਪਛਾਣ ਕਰ ਰਹੀ ਹੈ। ਜਿਵੇਂ ਹੀ ਪਤਾ ਲੱਗਿਆ, ਛੇਤੀ ਹੀ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇਗਾ।