International desk – ਸੋਮਵਾਰ ਤੋਂ ਸੋਸ਼ਲ ਮੀਡੀਆ ਬੈਨ ਨੂੰ ਲੈ ਕੇ ਨੇਪਾਲ ‘ਚ ਹੋਏ ਦੰਗੇ ਹਾਲੇ ਰੁਕਣ ਦਾ ਨਾਂ ਨਹੀਂ ਲੈ ਰਹੇ, ਜਿੱਥੇ ਹੁਣ ਤੱਕ 20 ਤੋਂ ਵੱਧ ਲੋਕਾਂ ਦੀ ਜਾਨ ਚਲੀ ਗਈ ਹੈ। ਉੱਥੇ ਹੀ ਦੇਸ਼ ਦੇ ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨੂੰ ਅਸਤੀਫ਼ਾ ਦੇਣਾ ਪੈ ਗਿਆ ਹੈ।
ਇਸੇ ਦੌਰਾਨ ਹੁਣ ਇਕ ਵੱਡੀ ਖ਼ਬਰ ਯੂਰਪੀ ਦੇਸ਼ ਫਰਾਂਸ ਤੋਂ ਸਾਹਮਣੇ ਆ ਰਹੀ ਹੈ, ਜਿੱਥੇ ਸਰਕਾਰ ਖ਼ਿਲਾਫ਼ ਪ੍ਰਦਰਸ਼ਨਾਂ ਕਾਰਨ ਨੇਪਾਲ ਵਰਗੇ ਹਾਲਾਤ ਪੈਦਾ ਹੁੰਦੇ ਜਾ ਰਹੇ ਹਨ। ਇੱਥੇ ਪ੍ਰਦਰਸ਼ਨਕਾਰੀ ਸੜਕਾਂ ‘ਤੇ ਉਤਰ ਆਏ ਹਨ ਤੇ ਸੜਕਾਂ ਨੂੰ ਜਾਮ ਕਰ ਦਿੱਤਾ ਹੈ ਤੇ ਥਾਂ-ਥਾਂ ‘ਤੇ ਅੱਗ ਲਗਾਈ ਜਾ ਰਹੀ ਹੈ, ਜਿਸ ਤੋਂ ਬਾਅਦ ਸਥਿਤੀ ਨੂੰ ਕਾਬੂ ਕਰਨ ਲਈ ਪੈਰਿਸ ਅਤੇ ਫਰਾਂਸ ਦੇ ਕਈ ਹਿੱਸਿਆਂ ਵਿੱਚ ਪੁਲਸ ਨੂੰ ਹੰਝੂ ਗੈਸ ਦੇ ਗੋਲੇ ਸੁੱਟਣੇ ਪਏ।
ਇਹ ਲੋਕ ਪ੍ਰਧਾਨ ਮੰਤਰੀ ਇਮੈਨੁਅਲ ਮੈਕ੍ਰੋਂ ਸਰਕਾਰ ਦੀਆਂ ਨੀਤੀਆਂ ਦੇ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ, ਜਿਸ ਕਾਰਨ ਦੇਸ਼ ਦੇ ਕਈ ਇਲਾਕੇ ਇਸ ਸਮੇਂ ਅੱਗ ਦੀਆਂ ਲਪਟਾਂ ‘ਚ ਘਿਰ ਗਏ ਹਨ। ਲੋਕ ਕਹਿ ਰਹੇ ਹਨ ਕਿ ਸਰਕਾਰ ਨੇ ਜਨਤਾ ਦੀ ਭਲਾਈ ਲਈ ਕੁਝ ਨਹੀਂ ਕੀਤਾ ਤ ਉਨ੍ਹਾਂ ਦੀ ਸਰਕਾਰ ਬੁਰੀ ਤਰ੍ਹਾਂ ਫੇਲ੍ਹ ਰਹੀ ਹੈ।
ਇਨ੍ਹਾਂ ਪ੍ਰਦਰਸ਼ਨਾਂ ਦੀ ਸ਼ੁਰੂਆਤ ਉਸ ਸਮੇਂ ਹੋਈ, ਜਦੋਂ ਦੇਸ਼ ‘ਚ ਸੋਸ਼ਲ ਮੀਡੀਆ ‘ਤੇ ‘ਬਲੌਕ ਐਵਰੀਥਿੰਗ’ (ਸਭ ਕੁਝ ਬੰਦ ਕਰ ਦਿਓ) ਟ੍ਰੈਂਡ ਕਰਨ ਲੱਗ ਗਿਆ, ਜਿਸ ਤੋਂ ਬਾਅਦ ਹੁਣ ਲੋਕ ਪ੍ਰਦਰਸ਼ਨ ਕਰਨ ਲਈ ਸੜਕਾਂ ‘ਤੇ ਉਤਰ ਆਏ ਹਨ ਤੇ ਉਹ ਸਰਕਾਰ ਦੀ ਹਰੇਕ ਕਾਰਵਾਈ ‘ਤੇ ਰੋਕ ਲਗਾਉਣ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ। ਉਨ੍ਹਾਂ ਨੇ ਦੇਸ਼ ਭਰ ‘ਚ ਟਰੈਫਿਕ ਜਾਮ ਕਰ ਦਿੱਤਾ ਹੈ, ਜਿਸ ਕਾਰਨ ਕਈ ਇਲਾਕਿਆਂ ‘ਚ ਪ੍ਰਦਰਸ਼ਨਕਾਰੀਆਂ ਦੀ ਪੁਲਸ ਨਾਲ ਝੜਪ ਵੀ ਹੋ ਚੁੱਕੀ ਹੈ।
ਵੱਡੇ ਪੱਧਰ ‘ਤੇ ਹੋ ਰਹੇ ਇਨ੍ਹਾਂ ਪ੍ਰਦਰਸ਼ਨਾਂ ਨੂੰ ਦੇਖਦੇ ਹੋਏ ਸਰਕਾਰ ਨੇ ਦੇਸ਼ ਭਰ ‘ਚ ਸੁਰੱਖਿਆ ਫੋਰਸਾਂ ਨੂੰ ਤਾਇਨਾਤ ਕਰ ਦਿੱਤਾ ਗਿਆ ਹੈ ਤਾਂ ਜੋ ਇਨ੍ਹਾਂ ਨੂੰ ਛੇਤੀ ਤੋਂ ਛੇਤੀ ਸ਼ਾਂਤ ਕੀਤਾ ਜਾ ਸਕੇ। ਜਾਣਕਾਰੀ ਅਨੁਸਾਰ ਹੁਣ ਤੱਕ 200 ਤੋਂ ਵੱਧ ਪ੍ਰਦਰਸ਼ਨਕਾਰੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਪਰ ਹਾਲਾਤਾਂ ਨੂੰ ਦੇਖਦੇ ਹੋਏ ਇਨ੍ਹਾਂ ਪ੍ਰਦਰਸ਼ਨਾਂ ਤੋਂ ਨੇਪਾਲ ਦੇ ਤਖ਼ਤਾਪਲਟ ਵਾਲੀ ਤਸਵੀਰ ਝਲਕ ਰਹੀ ਹੈ।