ਜਲੰਧਰ -(ਮਨਦੀਪ ਕੌਰ )- ਪਿਛਲੇ ਤਿੰਨ ਸਾਲਾਂ ਦੌਰਾਨ ਕਿਸਾਨਾਂ ਨੂੰ ਫਸਲ ਵੇਚਣ ਵਿੱਚ ਕਿਸੇ ਵੀ ਤਰਹਾਂ ਦੀ ਦਿੱਕਤ ਨਾ ਆਉਣ ਦੇਣ ਦਾ ਦਾਅਵਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੇ ਸਾਲਾਂ ਵਾਂਗ ਇਸ ਸਾਲ ਵੀ ਸੂਬਾ ਸਰਕਾਰ ਪੰਜਾਬ ਵਿੱਚ ਸੁਚਾਰੂ ਅਤੇ ਸਮਾਂਬੰਦ ਖਰੀਦ ਦਾ ਇਤਿਹਾਸ ਦੁਹਰਾਏਗੀ। ਸੀਐਮ ਮਾਨ ਨੇ ਚੇਤਾਵਨੀ ਦਿੱਤੀ ਕਿ ਅਗਰ ਫਸਲ ਵੇਚਣ ਵਿੱਚ ਕਿਸੇ ਵੀ ਕਿਸਾਨ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਕਰਨਾ ਪਿਆ ਤਾਂ ਸਬੰਧਤ ਅਧਿਕਾਰੀਆਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ।
ਇਥੇ ਮੰਗਲਵਾਰ ਨੂੰ ਮੀਟਿੰਗ ਦੌਰਾਨ ਸੂਬੇ ਵਿੱਚ ਚੱਲ ਰਹੇ ਖਰੀਦ ਕਾਰਜਾਂ ਦੀ ਸਮੀਖਿਆ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇੱਕ ਪਾਸੇ ਝੋਨੇ ਦੀ ਸੁਚਾਰੂ ਤੇ ਫੋਰੀ ਖਰੀਦ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਹਰ ਤਰ੍ਹਾਂ ਦੀ ਕੋਸ਼ਿਸ਼ ਕਰ ਰਹੀ ਹੈ। ਦੂਜੇ ਪਾਸੇ ਕਿਸਾਨਾਂ ਨੂੰ ਸਮੇਂ ਸਿਰ ਅਦਾਇਗੀ ਵੀ ਕੀਤੀ ਜਾ ਰਹੀ ਹੈ। ਉਹਨਾਂ ਨੇ ਸਪਸ਼ਟ ਤੌਰ ਤੇ ਆਖਿਆ ਕਿ ਸੂਬੇ ਦੇ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਦੇ ਲਈ ਕਿਸੇ ਵੀ ਤਰਹਾਂ ਦੀ ਦਿੱਕਤ ਨਹੀਂ ਆਉਣੀ ਚਾਹੀਦੀ। ਝੋਨੇ ਦੀ ਖਰੀਦ 15 ਸਤੰਬਰ ਤੋਂ ਸ਼ੁਰੂ ਹੈ,175 ਲੱਖ ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਲਈ ਪਹਿਲਾਂ ਹੀ ਵਿਆਪਕ ਪ੍ਰਬੰਧ ਕੀਤੇ ਗਏ ਹਨ। ਝੋਨੇ ਦੀ ਸੁਚਾਰੂ ਤੇ ਨਿਰਵਿਘਨ ਖ਼ਰੀਦ ਦੀ ਵਕਾਲਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀ ਕਿਸਾਨਾਂ ਦੀ ਮਿਹਨਤ ਨਾਲ ਪਾਲੀ ਫ਼ਸਲ ਦਾ ਦਾਣਾ-ਦਾਣਾ ਖ਼ਰੀਦਿਆ ਜਾਵੇਗਾ। ਉਨ੍ਹਾਂ ਸੂਬਾਈ ਖ਼ਰੀਦ ਏਜੰਸੀਆਂ ਨੂੰ ਹਦਾਇਤ ਕੀਤੀ ਕਿ ਮੌਜੂਦਾ ਸੀਜ਼ਨ ’ਚ ਝੋਨੇ ਦੀ ਖ਼ਰੀਦ ਲਈ ਪੂਰੀ ਤਰ੍ਹਾਂ ਮੁਸਤੈਦ ਰਹਿਣ।
ਪੰਜਾਬ ਮੰਡੀ ਬੋਰਡ ਨੇ ਸਾਉਣੀ ਖ਼ਰੀਦ ਸੀਜ਼ਨ 2025-26 ’ਚ ਝੋਨੇ ਦੀ ਖ਼ਰੀਦ ਲਈ 1822 ਰੈਗੂਲਰ ਖ਼ਰੀਦ ਕੇਂਦਰ ਨੋਟੀਫਾਈ ਕੀਤੇ ਹਨ। ਸਾਰੀਆਂ ਨੋਟੀਫਾਈਡ ਮੰਡੀਆਂ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ, ਪੰਜਾਬ ਨੂੰ ਅਲਾਟ ਕੀਤੀਆਂ ਗਈਆਂ ਹਨ। ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਫ਼ਸਲ ਨੂੰ ਪੂਰੀ ਤਰ੍ਹਾਂ ਸੁਕਾ ਕੇ ਮੰਡੀਆਂ ’ਚ ਲਿਆਉਣ। ਝੋਨੇ ਦਾ ਦਾਣਾ-ਦਾਣਾ ਖ਼ਰੀਦਣ ਦੀ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਸਮੁੱਚੀ ਖ਼ਰੀਦ ਪ੍ਰਕਿਰਿਆ ਦੀ ਨਿੱਜੀ ਤੌਰ ਉੱਤੇ ਨਿਗਰਾਨੀ ਕਰਨਗੇ ਤਾਂ ਕਿ ਕਿਸਾਨਾਂ ਨੂੰ ਕਿਸੇ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਸਰਕਾਰ ਨੇ ਪੰਜਾਬ ’ਚ ਫ਼ਸਲ ਖ਼ਰੀਦ ਪ੍ਰਕਿਰਿਆ ਨੂੰ ਪਾਰਦਰਸ਼ੀ ਤੇ ਸੁਚਾਰੂ ਬਣਾਉਣ ਲਈ ਕਈ ਮਿਸਾਲੀ ਪਹਿਲਕਦਮੀਆਂ ਕੀਤੀਆਂ ਹਨ।

