ਲੁਧਿਆਣਾ -(ਮਨਦੀਪ ਕੌਰ)-ਪੰਜਾਬ ਵਿਚ ਲਗਾਤਾਰ ਹੋ ਰਹੀ ਭਾਰੀ ਬਾਰਿਸ਼ ਨੇ ਸਕੂਲਾਂ ਦੇ ਸੰਚਾਲਨ ਨੂੰ ਵੀ ਪ੍ਰਭਾਵਿਤ ਕੀਤਾ ਹੈ। ਸੂਬੇ ਦੇ ਕਈ ਹਿੱਸਿਆਂ ’ਚ ਸੜਕਾਂ ਪਾਣੀ ਵਿਚ ਡੁੱਬੀਆਂ ਹੋਈਆਂ ਹਨ ਅਤੇ ਨੀਵੇਂ ਇਲਾਕਿਆਂ ’ਚ ਪਾਣੀ ਭਰਨ ਕਾਰਨ ਬੱਚਿਆਂ ਨੂੰ ਸਕੂਲ ਪਹੁੰਚਣ ਅਤੇ ਵਾਪਸ ਆਉਣ ’ਚ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਸਥਿਤੀ ਨੂੰ ਧਿਆਨ ’ਚ ਰੱਖਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 27 ਅਗਸਤ ਤੋਂ 30 ਅਗਸਤ ਤੱਕ ਸੂਬੇ ਭਰ ਦੇ ਸਾਰੇ ਸਰਕਾਰੀ ਅਤੇ ਨਿੱਜੀ ਪ੍ਰਾਇਮਰੀ, ਸੈਕੰਡਰੀ ਅਤੇ ਸੀਨੀਅਰ ਸੈਕੰਡਰੀ ਸਕੂਲ ਬੰਦ ਰੱਖਣ ਦੇ ਹੁਕਮ ਦਿੱਤੇ ਹਨ।
ਇਸ ਦੇ ਨਾਲ ਹੀ ਜ਼ਿਲ੍ਹਾ ਸਿੱਖਿਆ ਅਧਿਕਾਰੀ (ਡੀ. ਈ. ਓ.) ਨੇ ਸਪੱਸ਼ਟ ਕੀਤਾ ਹੈ ਕਿ ਸਕੂਲ ਬੰਦ ਹੋਣ ਦਾ ਮਤਲਬ ਹੈ ਬੰਦ, ਇਸ ਸਮੇਂ ਦੌਰਾਨ ਕੋਈ ਵੀ ਸਕੂਲ ਅਧਿਆਪਕਾਂ ਨੂੰ ਨਹੀਂ ਬੁਲਾਏਗਾ। ਸਕੂਲ ਪ੍ਰਸ਼ਾਸਨ ਅਧਿਆਪਕਾਂ ਨੂੰ ਸਕੂਲ ਆਉਣ ਲਈ ਮਜਬੂਰ ਨਹੀਂ ਕਰੇਗਾ ਅਤੇ ਜੇਕਰ ਕੋਈ ਅਜਿਹਾ ਕਰਦਾ ਹੈ ਤਾਂ ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਡੀ. ਈ. ਓ. ਨੇ ਕਿਹਾ ਕਿ ਸਕੂਲ ਆਨਲਾਈਨ ਕਲਾਸਾਂ ਲਗਾ ਸਕਦੇ ਹਨ, ਤਾਂ ਜੋ ਬੱਚਿਆਂ ਦੀ ਪੜ੍ਹਾਈ ਵਿਚ ਕੋਈ ਨੁਕਸਾਨ ਨਾ ਹੋਵੇ, ਜਿਸ ਲਈ ਅਧਿਆਪਕ ਘਰੋਂ ਆਨਲਾਈਨ ਕਲਾਸਾਂ ਪੜ੍ਹਾ ਸਕਦੇ ਹਨ।