ਜਲੰਧਰ -(ਮਨਦੀਪ ਕੌਰ )- ਮਾਲ, ਮੁੜ ਵਸੇਬਾ ਅਤੇ ਆਫ਼ਤ ਸੰਬੰਧੀ ਪ੍ਰਬੰਧਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਸੁਲਤਾਨਪੁਰ ਲੋਧੀ ਦੇ ਹੜ ਪ੍ਰਭਾਵਿਤ ਪਿੰਡਾਂ ਦੇ ਪੀੜਤਾ ਦੇ ਨਾਲ ਜਾ ਕੇ ਮੁਲਾਕਾਤ ਕੀਤੀ। ਉਹਨਾਂ ਨੇ ਇਸ ਮੌਕੇ ਉੱਤੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਦਰਿਆਵਾਂ ਵਿੱਚ ਪਾਣੀ ਦਾ ਪੱਧਰ ਵਧਣ ਦੇ ਕਾਰਨ ਪ੍ਰਭਾਵਿਤ ਹੋਈਆਂ ਫਸਲਾਂ ਅਤੇ ਹੋਏ ਹੋਰ ਨੁਕਸਾਨ ਦੀ ਪੂਰਤੀ ਦੇ ਲਈ ਵਿਸ਼ੇਸ਼ ਹੁਕਮ ਜਾਰੀ ਕੀਤੇ ਗਏ ਹਨ। ਪੰਜਾਬ ਸਰਕਾਰ ਹੜ ਪੀੜਤਾਂ ਦੀਆਂ ਫਸਲਾਂ ਦੀ ਹੋਈ ਨੁਕਸਾਨ ਦੀ ਪਰਭਾਈ ਦੇ ਮੁਆਵਜੇ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ ।
ਉਨ੍ਹਾਂ ਦੱਸਿਆ ਕਿ ਡਿਪਟੀ ਕਮਿਸ਼ਨਰਾਂ ਨੂੰ ਹੁਕਮ ਦਿੱਤੇ ਗਏ ਹਨ ਕਿ ਉਹ ਪਾਣੀ ਘਟਦੇ ਸਾਰ ਹੀ ਜਲਦ ਤੋਂ ਜਲਦ ਵਿਸ਼ੇਸ਼ ਗਿਰਦਾਵਰੀ ਮੁਕੰਮਲ ਕਰਕੇ ਰਿਪੋਰਟ ਸੌਂਪਣ ਤਾਂ ਜੋ ਪ੍ਰਭਾਵਿਤ ਲੋਕਾਂ ਨੂੰ ਬਣਦਾ ਮੁਆਵਜ਼ਾ ਦਿੱਤਾ ਜਾ ਸਕੇ। ਪਾਣੀ ਨਾਲ ਮੁੱਖ ਤੌਰ ’ਤੇ ਪ੍ਰਭਾਵਿਤ ਜ਼ਿਲ੍ਹਿਆਂ ਕਪੂਰਥਲਾ, ਤਰਨਤਾਰਨ, ਫ਼ਿਰੋਜ਼ਪੁਰ, ਫ਼ਾਜ਼ਿਲਕਾ ਵਿਖੇ ਰਾਹਤ ਕੰਮਾਂ ਦੀ ਨਿਗਰਾਨੀ ਮੰਤਰੀ ਸਮੂਹ ਵੱਲੋਂ ਕੀਤੀ ਜਾ ਰਹੀ ਹੈ। ਕੈਬਨਿਟ ਮੰਤਰੀਆਂ ਵੱਲੋਂ ਜਿੱਥੇ ਵੱਖ-ਵੱਖ ਜ਼ਿਲ੍ਹਿਆਂ ਦਾ ਦੌਰਾ ਕਰ ਕੇ ਪ੍ਰਭਾਵਿਤ ਲੋਕਾਂ ਦਾ ਦੁੱਖ ਵੰਡਾਇਆ ਜਾ ਰਿਹਾ ਹੈ, ਉੱਥੇ ਹੀ ਰਾਹਤ ਕਾਰਜਾਂ ’ਤੇ ਲਗਾਤਾਰ ਨਿਗਰਾਨੀ ਰੱਖੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਕਪੂਰਥਲਾ ਜ਼ਿਲ੍ਹੇ ’ਚ ਰਾਹਤ ਕਾਰਜਾਂ ਲਈ 2 ਕਰੋੜ ਰੁਪਏ ਜਾਰੀ ਕੀਤੇ ਗਏ ਹਨ ਤਾਂ ਜੋ ਪ੍ਰਭਾਵਿਤ ਲੋਕਾਂ ਨੂੰ ਰਾਸ਼ਨ, ਪੀਣ ਵਾਲਾ ਪਾਣੀ, ਦਵਾਈਆਂ, ਪਸ਼ੂ ਧਨ ਦੀ ਸਿਹਤ ਸੰਭਾਲ ਆਦਿ ਦੇ ਕੰਮ ਜੰਗੀ ਪੱਧਰ ’ਤੇ ਜਾਰੀ ਰੱਖੇ ਜਾ ਸਕਣ।