ਪੰਜਾਬ -(ਮਨਦੀਪ ਕੌਰ )- ਹਿਮਾਚਲ ਅਤੇ ਜੰਮੂ ਕਸ਼ਮੀਰ ਦੇ ਵਿੱਚ ਪੈ ਰਹੇ ਲਗਾਤਾਰ ਮੀਂਹ ਦੇ ਕਾਰਨ ਪੰਜਾਬ ਦੇ ਵਿੱਚ ਹੜਾਂ ਦਾ ਖਤਰਾ ਵਧ ਗਿਆ ਹੈ। ਦੋਵਾਂ ਗੁਆਂਡੀ ਸੂਬਿਆਂ ਦੇ ਵਿੱਚ ਲਗਾਤਾਰ ਪਾਣੀ ਦਾ ਸਤਰ ਵਧਦਾ ਜਾ ਰਿਹਾ ਹੈ। ਲਈ ਰਣਜੀਤ ਸਾਗਰ ਅਤੇ ਭਾਖੜਾ ਡੈਮ ਦੇ ਵਿੱਚ ਬਦਲੇ ਪਾਣੀ ਦੇ ਸਤਰ ਦੇ ਕਾਰਨ ਲਗਾਤਾਰ ਪਾਣੀ ਛੱਡਿਆ ਜਾ ਰਿਹਾ ਹੈ । ਜਿਸ ਕਾਰਨ ਇਹ ਪਾਣੀ ਪੰਜਾਬ ਦੇ ਵਿੱਚ ਤਬਾਹੀ ਮਚਾ ਰਿਹਾ ਹੈ।
ਤਾਜ਼ਾ ਜਾਣਕਾਰੀ ਮੁਤਾਬਕ ਰਣਜੀਤ ਸਾਗਰ ਡੈਮ ਤੋਂ ਛੱਡੇ ਗਏ ਪਾਣੀ ਕਾਰਨ ਰਾਵੀ ਦਰਿਆ ਵਿੱਚ ਹੜ੍ਹ ਆ ਗਿਆ ਹੈ। ਇਸ ਕਾਰਨ ਪਠਾਨਕੋਟ ਵਿੱਚ ਸਥਿਤੀ ਵਿਗੜ ਗਈ ਹੈ। ਗੁਰਦਾਸਪੁਰ ਦੇ ਮਕੋੜਾ ਪਾਟਨ ਦੇ 7 ਪਿੰਡਾਂ ਦਾ ਦੇਸ਼ ਨਾਲੋਂ ਸੰਪਰਕ ਟੁੱਟ ਗਿਆ ਹੈ। ਇਸ ਦੇ ਨਾਲ ਹੀ ਭਾਖੜਾ ਡੈਮ ਤੋਂ ਛੱਡੇ ਗਏ ਪਾਣੀ ਦਾ ਕਹਿਰ ਸਤਲੁਜ ਵਿੱਚ ਵੀ ਦੇਖਣ ਨੂੰ ਮਿਲ ਰਿਹਾ ਹੈ। ਹਾਲਾਂਕਿ, ਸਤਲੁਜ ਦੇ ਪਾਣੀ ਦਾ ਪੱਧਰ ਵੱਧ ਰਿਹਾ ਹੈ। ਹਰੀਕੇ ਹੈੱਡ ਵਰਕਸ ਤੋਂ ਛੱਡੇ ਗਏ ਪਾਣੀ ਦਾ ਪ੍ਰਭਾਵ ਤਰਨ ਤਾਰਨ, ਫਿਰੋਜ਼ਪੁਰ ਤੇ ਫਾਜ਼ਿਲਕਾ ਖੇਤਰਾਂ ਵਿੱਚ ਦੇਖਿਆ ਗਿਆ ਹੈ।
ਮੀਂਹ ਕਾਰਨ ਵਿਗੜਦੀ ਸਥਿਤੀ ਨੂੰ ਦੇਖਦੇ ਹੋਏ ਜਲੰਧਰ, ਕਪੂਰਥਲਾ, ਪਠਾਨਕੋਟ ਤੇ ਗੁਰਦਾਸਪੁਰ ਜ਼ਿਲ੍ਹਿਆਂ ਦੇ ਨਾਲ-ਨਾਲ ਅੰਮ੍ਰਿਤਸਰ ਦੇ ਅਜਨਾਲਾ ਤੇ ਰਈਆ ਬਲਾਕਾਂ ਦੇ ਸਕੂਲ ਅੱਜ ਬੰਦ ਕਰ ਦਿੱਤੇ ਗਏ ਹਨ। ਫਾਜ਼ਿਲਕਾ ਦੇ 20 ਹੜ੍ਹ ਪ੍ਰਭਾਵਿਤ ਪਿੰਡਾਂ ਦੇ ਸਕੂਲ ਅਗਲੇ ਹੁਕਮਾਂ ਤੱਕ ਬੰਦ ਕਰ ਦਿੱਤੇ ਗਏ ਹਨ। ਉਧਰ, ਅੱਜ (26 ਅਗਸਤ) ਪੰਜਾਬ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਸੂਬੇ ਦੇ 9 ਜ਼ਿਲ੍ਹਿਆਂ ਲਈ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਇਸ ਨਾਲ ਹਾਲਾਤ ਹੋਰ ਵਿਗੜ ਸਕਦੇ ਹਨ।
ਉਧਰ, ਗੁਰਦਾਸਪੁਰ ਦੇ ਦੀਨਾਨਗਰ ਦੇ ਪਿੰਡ ਉਗਰਾ ਨੇੜੇ ਧੁੱਸੀ ਬੰਨ੍ਹ ਦੋ ਥਾਵਾਂ ਤੋਂ ਟੁੱਟ ਗਿਆ ਜਿਸ ਕਾਰਨ ਲੋਕ ਬਹੁਤ ਮੁਸ਼ਕਲ ਵਿੱਚ ਹਨ। ਜਿਨ੍ਹਾਂ ਇਲਾਕਿਆਂ ਵਿੱਚ ਪਾਣੀ ਭਰ ਰਿਹਾ ਹੈ, ਉੱਥੇ ਪ੍ਰਸ਼ਾਸਨ ਲੋਕਾਂ ਨੂੰ ਉੱਚੀਆਂ ਥਾਵਾਂ ‘ਤੇ ਜਾਣ ਦੀ ਅਪੀਲ ਕਰ ਰਿਹਾ ਹੈ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਸਮਝ ਨਹੀਂ ਆ ਰਹੀ ਕਿ ਕੀ ਕਰੀਏ।
ਮੌਸਮ ਵਿਭਾਗ ਨੇ ਅੱਜ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨ ਤਾਰਨ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਰੂਪਨਗਰ, ਫਤਿਹਗੜ੍ਹ ਸਾਹਿਬ ਤੇ ਪਟਿਆਲਾ ਵਿੱਚ ਮੀਂਹ ਲਈ ਔਰੰਜ ਅਲਰਟ ਜਾਰੀ ਕੀਤਾ ਗਿਆ ਹੈ। ਜਦੋਂ ਕਿ ਬਾਕੀ ਸਾਰੇ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦਾ ਮਤਲਬ ਹੈ ਕਿ ਪੂਰੇ ਸੂਬੇ ਵਿੱਚ ਆਮ ਨਾਲੋਂ ਵੱਧ ਮੀਂਹ ਪੈਣ ਦੀ ਸੰਭਾਵਨਾ ਹੈ।
ਦੂਜੇ ਪਾਸੇ ਬੁੱਧਵਾਰ ਨੂੰ ਮੌਸਮ ਸਾਫ ਹੋਣ ਤੋਂ ਬਾਅਦ 29 ਅਗਸਤ ਤੋਂ ਇੱਕ ਨਵੀਂ ਪੱਛਮੀ ਗੜਬੜੀ ਫਿਰ ਸਰਗਰਮ ਹੋ ਜਾਵੇਗੀ, ਜਿਸ ਤੋਂ ਬਾਅਦ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ ਤੇ ਰੂਪਨਗਰ ਵਿੱਚ ਮੀਂਹ ਪੈਣ ਦੀ ਸੰਭਾਵਨਾ ਰਹੇਗੀ।