ਪਾਕਿਸਤਾਨ ਫੌਜ ਵਲੋਂ ਸ੍ਰੀ ਹਰਿਮੰਦਰ ਸਾਹਿਬ ‘ਤੇ ਹਮਲਾ ਕੀਤੇ ਜਾਣ ਅਤੇ ਭਾਰਤੀ ਫੌਜ ਦੀ ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਨਾਲ ਗੱਲਬਾਤ ਹੋਣ ਦਾ ਮੁੱਦਾ ਭਖਦਾ ਜਾ ਰਿਹਾ ਹੈ। ਹੁਣ ਇਸ ਮਾਮਲੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜੱਥੇਦਾਰ ਅਤੇ ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਭਾਰਤੀ ਫ਼ੌਜ ਦੇ ਲੈਫਟੀਨੈਂਟ ਜਨਰਲ ਕਹਿ ਰਹੇ ਹਨ ਕਿ ਸਾਡੀ ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਨਾਲ ਗੱਲਬਾਤ ਹੋਈ ਹੈ ਅਤੇ ਉਨ੍ਹਾਂ ਨੇ ਸ੍ਰੀ ਦਰਬਾਰ ਸਾਹਿਬ ‘ਚ ਏਅਰ ਡਿਫੈਂਸ ਗੰਨ ਲਾਉਣ ਦੀ ਇਜਾਜ਼ਤ ਦਿੱਤੀ ਸੀ। ਹੁਣ ਗਿਆਨੀ ਰਘਬੀਰ ਸਿੰਘ ਨੇ ਦੱਸ ਦਿੱਤਾ ਹੈ ਕਿ ਅਜਿਹੀ ਕੋਈ ਗੱਲ ਬਾਤ ਨਹੀਂ ਹੋਈ ਹੈ।
ਉਨ੍ਹਾਂ ਕਿਹਾ ਕਿ ਭਾਰਤੀ ਫੌਜ ਨੇ ਉਨ੍ਹਾਂ ਨਾਲ ਇਸ ਤਰੀਕੇ ਦਾ ਕੋਈ ਰਾਬਤਾ ਕਾਇਮ ਨਹੀਂ ਕੀਤਾ ਅਤੇ ਇਹ ਬਿਲਕੁਲ ਝੂਠ ਹੈ। ਉਨ੍ਹਾਂ ਕਿਹਾ ਕਿ ਮੈਂ ਪਿਛਲੀ 22 ਤਰੀਕ ਤੋਂ ਛੁੱਟੀ ‘ਤੇ ਚੱਲ ਰਿਹਾ ਹਾਂ ਅਤੇ 24 ਤਰੀਕ ਤੋਂ ਉਹ ਵਿਦੇਸ਼ ਗਏ ਸੀ ਅਤੇ 14 ਮਈ ਨੂੰ ਵਾਪਸ ਆਇਆ ਹਾਂ। ਉਨ੍ਹਾਂ ਨੇ ਅੱਗੇ ਕਿਹਾ ਕਿ- ‘ਮੇਰੇ ਵਿਦੇਸ਼ ਦੌਰੇ ਪਿੱਛੋਂ ਹੀ ਜੰਗ ਸ਼ੁਰੂ ਹੋਈ ਅਤੇ ਖਤਮ ਹੋ ਗਈ।
ਉਨ੍ਹਾਂ ਕਿਹਾ ਕਿ SGPC ਨੂੰ ਵੱਡੇ ਪੱਧਰ ‘ਤੇ ਇਸ ਦੀ ਜਾਂਚ-ਪੜਤਾਲ ਕਰਨੀ ਚਾਹੀਦੀ ਹੈ ਕਿ ਭਾਰਤੀ ਫ਼ੌਜ ਨੇ ਇਹ ਨਵੀਂ ਘਾੜਤ ਘੜੀ ਹੈ ਅਤੇ SGPC ਪ੍ਰਧਾਨ ਨੂੰ ਵੱਡੇ ਪੱਧਰੇ ‘ਤੇ ਇਸ ਦੀ ਜਾਂਚ ਕਰਾਉਣੀ ਚਾਹੀਦੀ ਹੈ। ਜਿਹੜਾ ਵੀ ਅਧਿਕਾਰੀ ਇੱਥੇ ਐੱਸਜੀਪੀਸੀ ‘ਚ ਹੈ ਜਾਂ ਫ਼ੌਜ ‘ਚ ਹੈ, ਜਿਹੜੇ ਇਹ ਗੱਲ ਕਹਿ ਰਹੇ ਹਨ, ਉਨ੍ਹਾਂ ਖ਼ਿਲਾਫ਼ ਕਾਰਵਾਈ ਜ਼ਰੂਰ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੂੰ ਵੀ ਇਸ ‘ਤੇ ਕਾਰਵਾਈ ਕਰਨੀ ਚਾਹੀਦੀ ਹੈ।
ਦੱਸਣਯੋਗ ਹੈ ਕਿ ਭਾਰਤੀ ਫੌਜ ਦੇ ਲੈਫਟੀਨੈਂਟ ਜਨਰਲ ਨੇ ਸੋਮਵਾਰ ਨੂੰ ਕਿਹਾ ਸੀ ਕਿ ‘ਆਪਰੇਸ਼ਨ ਸਿੰਦੂਰ’ ਤੋਂ ਬਾਅਦ ਪਾਕਿਸਤਾਨ ਵਲੋਂ ਸ੍ਰੀ ਦਰਬਾਰ ਸਾਹਿਬ ‘ਤੇ ਡਰੋਨਾਂ ਅਤੇ ਮਿਜ਼ਾਈਲਾਂ ਰਾਹੀਂ ਹਮਲੇ ਦੀ ਕੋਸ਼ਿਸ਼ ਕੀਤੀ ਗਈ ਸੀ ਅਤੇ ਇਸ ਦੀ ਜਾਣਕਾਰੀ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਨੂੰ ਦੇ ਦਿੱਤੀ ਗਈ ਸੀ ਅਤੇ ਉਨ੍ਹਾਂ ਨੇ ਸ੍ਰੀ ਦਰਬਾਰ ਸਾਹਿਬ ‘ਚ ਏਅਰ ਡਿਫੈਂਸ ਗੰਨ ਲਾਉਣ ਦੀ ਇਜਾਜ਼ਤ ਦਿੱਤੀ ਸੀ। ਉਨ੍ਹਾਂ ਨੇ ਕਿਹਾ ਸੀ ਕਿ ਇਤਿਹਾਸ ‘ਚ ਪਹਿਲੀ ਵਾਰ ਸ੍ਰੀ ਹਰਿਮੰਦਰ ਸਾਹਿਬ ਦੀਆਂ ਲਾਈਟਾਂ ਬੰਦ ਕੀਤੀਆਂ ਗਈਆਂ ਸਨ ਤਾਂ ਜੋ ਪਾਕਿਸਤਾਨ ਤੋਂ ਆਉਣ ਵਾਲੇ ਡਰੋਨਾਂ ਦਾ ਬਿਹਤਰ ਪਤਾ ਲਗਾਇਆ ਜਾ ਸਕੇ ਅਤੇ ਉਨ੍ਹਾਂ ਨਾਲ ਮੁਕਾਬਲਾ ਕੀਤਾ ਜਾ ਸਕੇ।